25 ਅਪ੍ਰੈਲ ਤੱਕ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 288 ਕਰੋੜ 44 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ

25 ਅਪ੍ਰੈਲ ਤੱਕ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 288 ਕਰੋੜ 44 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 25 ਅਪ੍ਰੈਲ ਤੱਕ ਪਹੁੰਚੀ 4,04,481 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 3,88,155 ਮੀਟ੍ਰਿਕ ਟਨ ਕਣਕ ਦੀ ਖ਼ਰੀਦ

  • ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਸਖਤ ਆਦੇਸ਼

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ, 26 ਅਪ੍ਰੈਲ : ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਲੋੜ ਅਨੁਸਾਰ ਬਾਰਦਾਨਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 25 ਅਪ੍ਰੈਲ ਤੱਕ 288 ਕਰੋੜ 44 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 4,04,481 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,88,155 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,00,177 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 88380 ਮੀਟ੍ਰਿਕ ਟਨ, ਪਨਸਪ ਵੱਲੋਂ 79172 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 62784 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 57642 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 25 ਅਪ੍ਰੈਲ਼ ਤੱਕ 49459 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏੇ ਹਨ।

ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ ਅਤੇ ਮਾਸਕ ਜ਼ਰੂਰ ਪਹਿਨਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Related Stories

No stories found.
Raftaar | रफ्तार
raftaar.in